#Politics

ਪੰਜਾਬ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਅਤੇ ਵਾਤਾਵਰਣ ਅਨੁਕੂਲ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਖੇਤੀ ਮਸ਼ੀਨਰੀ ‘ਤੇ ਭਾਰੀ ਸਬਸਿਡੀ ਦੀ ਪੇਸ਼ਕਸ਼

Share this News

ਪੰਜਾਬ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਅਤੇ ਵਾਤਾਵਰਣ ਅਨੁਕੂਲ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਖੇਤੀ ਮਸ਼ੀਨਰੀ ‘ਤੇ ਭਾਰੀ ਸਬਸਿਡੀ ਦੀ ਪੇਸ਼ਕਸ਼

ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਮਸ਼ੀਨਾਂ ‘ਤੇ ਸਬਸਿਡੀ ਲਈ 12 ਮਈ ਤੱਕ ਬਿਨੈਪੱਤਰਾਂ ਦੀ ਮੰਗ – ਮੁੱਖ ਖੇਤੀਬਾੜੀ ਅਫ਼ਸਰ

ਫਿਰੋਜ਼ਪੁਰ, 25 ਅਪ੍ਰੈਲ, 2025: ਮੁੱਖ ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਆਧੁਨਿਕ ਮਸ਼ੀਨਾਂ ਭਾਰੀ ਸਬਸਿਡੀ ਉੱਪਰ ਮੁਹੱਈਆ ਕਰਵਾ ਰਹੀ ਹੈ ਜਿਸ ਨਾਲ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਬਿਨਾਂ ਹੀ ਅਗਲੀ ਫਸਲ ਦੀ ਬਿਜਾਈ ਹੋ ਸਕਦੀ ਹੈ ਅਤੇ ਖਰਚਾ ਵੀ ਸੀਮਿਤ ਰਹਿੰਦਾ ਹੈ।

ਇਹ ਮਸ਼ੀਨਾਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਮਿਲਾ ਕੇ ਵਾਤਾਵਰਨ ਪੱਖੀ ਤੇ ਆਧੁਨਿਕ ਖੇਤੀਬਾੜੀ ਦੇ ਯੋਗ ਬਣਾਉਂਦੀਆਂ ਹਨ। ਸਬਸਿਡੀ ਵਾਲੀਆਂ ਇਨ੍ਹਾਂ ਮਸ਼ੀਨਾਂ ਦਾ ਵੱਧ ਤੋਂ ਵੱਧ ਕਿਸਾਨ ਲਾਹਾ ਪ੍ਰਾਪਤ ਕਰ ਸਕਣ ਅਤੇ ਸੂਬੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਕਮੀ ਲਿਆਂਦੀ ਜਾ ਸਕੇ। ਇਸ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਸਾਂਭਣ ਲਈ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਾਂ ਸਬਸਿਡੀ ‘ਤੇ ਉਪਲੱਬਧ ਕਰਵਾਉਣ ਲਈ ਆਨਲਾਈਨ ਪੋਰਟਲ www.agrimachinerypb.com ‘ਤੇ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਹ ਅਰਜ਼ੀਆਂ 22 ਅਪ੍ਰੈਲ ਤੋਂ 12 ਮਈ, 2025 ਤੱਕ ਦਿੱਤੀਆਂ ਜਾ ਸਕਦੀਆਂ ਹਨ। ਹੋਰ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਵਿੱਚ ਸੁਪਰ ਐਸ.ਐਮ.ਐਸ, ਹੈਪੀ ਸੀਡਰ, ਸੁਪਰ ਸੀਡਰ, ਸਰਫ਼ੇਸ ਸੀਡਰ, ਸਮਾਰਟ ਸੀਡਰ, ਜ਼ੀਰੋ ਟਿੱਲ ਡਰਿੱਲ, ਬੇਲਰ, ਰੋਕ, ਸ਼ਰੱਬ ਮਾਸਟਰ/ ਰੋਟਰੀ ਸਲੈਸ਼ਰ, ਪੈਡੀ ਸਟਰਾ ਚੌਪਰ ਸ਼ਰੈਡਰ/ਮਲਚਰ, ਕਰਾਪ ਰੀਪਰ, ਉਲਟਾਵੇਂ ਹਲ ਆਦਿ ਸ਼ਾਮਿਲ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਕਸਟਮ ਹਾਈਰਿੰਗ ਸੈਂਟਰ ਅਤੇ ਪੈਡੀ ਸਪਲਾਈ ਚੇਨ ਸੈਂਟਰ ਸਥਾਪਿਤ ਕਰਨ ਲਈ ਵੀ ਵਿਭਾਗ ਵੱਲੋਂ ਅਰਜ਼ੀਆਂ ਦੀ ਮੰਗ ਕੀਤੀ ਜਾਂਦੀ ਹੈ। ਸਬਸਿਡੀ ਦੀ ਦਰ ਸਕੀਮ ਦੀਆਂ ਹਦਾਇਤਾਂ ਅਨੁਸਾਰ ਹੋਵੇਗੀ। ਸਬਸਿਡੀ ਲੈਣ ਦੇ ਚਾਹਵਾਨ ਕਿਸਾਨ ਮਿਤੀ 12 ਮਈ 2025 ਤੱਕ ਸ਼ਾਮ 5 ਵਜੇ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ ‘ਤੇ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ ਵਿਭਾਗ ਦੀ ਵੈਬਸਾਈਟ ਜਾਂ ਆਪਣੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਧਿਕਾਰੀ ਜਾਂ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।


Share this News

Leave a comment

Your email address will not be published. Required fields are marked *