ਬੀਬੀਐਮਬੀ ਜ਼ਰੀਏ ਭਾਜਪਾ ਵੱਲੋਂ ਪਾਣੀਆਂ ਦੇ ਮੁੱਦੇ ਤੇ ਪੰਜਾਬ ਨਾਲ ਧੱਕੇਸ਼ਾਹੀ ਖਿਲਾਫ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ ਪ੍ਰਦਰਸ਼ਨ
ਬੀਬੀਐਮਬੀ ਜ਼ਰੀਏ ਭਾਜਪਾ ਵੱਲੋਂ ਪਾਣੀਆਂ ਦੇ ਮੁੱਦੇ ਤੇ ਪੰਜਾਬ ਨਾਲ ਧੱਕੇਸ਼ਾਹੀ ਖਿਲਾਫ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ ਪ੍ਰਦਰਸ਼ਨ
ਪੰਜਾਬ ਦੇ ਪਾਣੀਆਂ ਉੱਤੇ ਡਾਕੇ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਚੇਅਰਮੈਨ ਬੇਅੰਤ ਸਿੰਘ
ਫ਼ਿਰੋਜ਼ਪੁਰ, 1 ਮਈ, 2025: ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਭਾਖੜਾ ਬਿਆਸ ਪ੍ਰਬੰਧਕ ਬੋਰਡ ਜ਼ਰੀਏ ਪੰਜਾਬ ਤੇ ਪੰਜਾਬੀਆਂ ਦੇ ਹੱਕ ਦਾ ਪਾਣੀ ਖੋਹਣ ਦੇ ਕੋਝੇ ਯਤਨਾਂ ਦਾ ਸਖ਼ਤ ਵਿਰੋਧ ਕਰਦਿਆਂ ਅੱਜ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਚੇਅਰਮੈਨ ਮਾਰਕਿਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਸ. ਬੇਅੰਤ ਸਿੰਘ ਹਕੂਮਤ ਵਾਲਾ ਦੀ ਅਗਵਾਈ ਵਿੱਚ ਸ਼ਹੀਦ ਰਾਕੇਸ਼ ਪਾਇਲਟ ਚੌਂਕ ਫ਼ਿਰੋਜ਼ਪੁਰ ਛਾਉਣੀ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਸ. ਬੇਅੰਤ ਸਿੰਘ ਹਕੂਮਤ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਪਾਣੀਆਂ ‘ਤੇ ਇਸ ਡਾਕੇ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਕੇਂਦਰ, ਦਿੱਲੀ ਤੇ ਹਰਿਆਣਾ ਵਿੱਚ ਭਾਜਪਾ ਸਰਕਾਰ ਪੰਜਾਬ ਦਾ ਪਾਣੀ ਖੋਹਣ ਲਈ ਪੰਜਾਬ ਖ਼ਿਲਾਫ਼ ਇੱਕਜੁੱਟ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਆਪਣੇ ਮਨਸੂਬਿਆਂ ਵਿੱਚ ਸਫਲ ਨਹੀਂ ਹੋਣ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਦੋਗਲੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਹਰਿਆਣਾ ਸਰਕਾਰ ਸੱਤਾ ਦੀ ਦੁਰਵਰਤੋਂ ਕਰ ਰਹੀ ਹੈ ਅਤੇ ਪੰਜਾਬ ਦਾ ਪਾਣੀ ਗੁਆਂਢੀ ਸੂਬੇ ਨੂੰ ਦੇ ਕੇ ਰਿਪੇਰੀਅਨ ਸੂਬੇ ਦੇ ਹੱਕਾਂ ਉਤੇ ਡਾਕਾ ਮਾਰਨ ਦੀ ਚਾਲ ਚੱਲੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਸੂਬਾ ਸਰਕਾਰ ਵਚਨਬੱਧ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਦੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਖੇਤਾਂ ਦੀ ਸਿੰਚਾਈ ਲਈ ਪਹਿਲਾਂ ਹੀ ਪਾਣੀ ਦੀ ਕਮੀ ਨਾਲ ਜੂਝ ਰਿਹਾ ਹੈ ਅਤੇ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਲਗਾਤਾਰ ਡਿੱਗ ਰਿਹਾ ਹੈ। ਉਨ੍ਹਾਂ ਕਿਹਾ ਜੇਕਰ ਭਾਜਪਾ ਆਪਣੀਆਂ ਚਾਲਾਂ ਤੋਂ ਬਾਜ ਨਹੀਂ ਆਈ ਤਾਂ ਹੋਰ ਵੱਡੇ ਪੱਧਰ ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਤੇ ਪੰਜਾਬੀਆਂ ਦਾ ਹੱਕ ਹੈ ਅਤੇ ਕਿਸੇ ਨੂੰ ਵੀ ਇਸ ਹੱਕ ਤੇ ਡਾਕਾ ਮਾਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਭਾਜਪਾ ਹਰਿਆਣਾ ਅਤੇ ਕੇਂਦਰ ਦੀਆਂ ਸਰਕਾਰਾਂ ਰਾਹੀਂ ਪੰਜਾਬ ਨਾਲ ਧੱਕੇਸ਼ਾਹੀ ਕਰਨਾ ਚਾਹੁੰਦੀ ਹੈ ਅਤੇ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਬੀ.ਬੀ.ਐਮ.ਬੀ. ਵੱਲੋਂ ਪੰਜਾਬ ਦੇ ਪਾਣੀਆਂ ‘ਤੇ ਡਾਕਾ ਮਾਰਨ ਲਈ ਆਏ ਦਿਨ ਨਵੇਂ ਮਤੇ ਪਾਸ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਡਟ ਕੇ ਪਹਿਰਾ ਦੇਵੇਗੀ ਅਤੇ ਕਿਸੇ ਨੂੰ ਵੀ ਸਾਡੇ ਪਾਣੀਆਂ ਨੂੰ ਖੋਹਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
ਇਸ ਮੌਕੇ ਵਿਕਰਮਜੀਤ ਸਿੰਘ ਢਿੱਲੋ ਬਲਾਕ ਪ੍ਰਧਾਨ, ਰੋਬੀ ਸੰਧੂ, ਭੁਪਿੰਦਰ ਕੌਰ, ਪਰਮਜੀਤ ਸਿੰਘ, ਗੁਰਮੀਤ ਸਿੰਘ ਸਰਪੰਚ, ਗੁਰਜੰਟ ਸਿੰਘ, ਜਗਮੀਤ ਸਿੰਘ, ਗੁਰਪ੍ਰੀਤ ਸਿੰਘ ਸਰਪੰਚ, ਗੁਰਵਿੰਦਰ ਸਿੰਘ, ਗੁਰਪਿੰਦਰ ਸਿੰਘ ਗੋਰਾ, ਲਖਵੀਰ ਸਿੰਘ, ਗੁਰਮੀਤ ਸਿੰਘ ਸਰਪੰਚ, ਪ੍ਰੇਮ ਸਿੰਘ ਸਰਪੰਚ, ਕੁਲਵਿੰਦਰ ਸਿੰਘ ਸਰਪੰਚ, ਸੁੱਚਾ ਸਿੰਘ ਮੈਂਬਰ, ਅੰਗਰੇਜ਼ ਸਿੰਘ ਮੈਂਬਰ, ਗੁਰਪ੍ਰੀਤ ਸਿੰਘ ਪ੍ਰੈਟੀ, ਬੋਹੜ ਸਿੰਘ ਨਰਾਇਣਗੜ੍ਹ, ਪ੍ਰਗਟ ਸਿੰਘ ਮੱਲ, ਦਿਲਬਾਗ ਸਿੰਘ, ਕੁਲਦੀਪ ਸਿੰਘ, ਰਛਪਾਲ ਸਿੰਘ ਸਰਪੰਚ, ਬਲਜਿੰਦਰ ਸਿੰਘ ਮਲਵਾਲ, ਜਰਮਲ ਸਿੰਘ, ਰਜਵੰਤ ਸਿੰਘ ਸੋਢੀ, ਦੀਪੂ ਬਾਜ਼ੀਦਪੁਰ, ਬਗੀਚਾ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਤੇ ਵਲੰਟੀਅਰ ਮੌਜੂਦ ਸਨ।




































































































